ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੇ ਪੱਤਰਕਾਰਾਂ ਨੂੰ ਦਿੱਤਾ ਖ਼ੂਬਸੂਰਤ ਤੋਹਫ਼ਾ
ਜੰਡਿਆਲਾ ਗੁਰੂ ਵਿਖੇ 1.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰੈੱਸ ਕਲੱਬ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ
ਪੰਜਾਬ ਸਰਕਾਰ ਪੱਤਰਕਾਰ ਭਾਈਚਾਰੇ ਦੇ ਹੱਕਾਂ ਅਤੇ ਸਹੂਲਤਾਂ ਦੀ ਰਾਖੀ ਲਈ ਵਚਨਬੱਧ – ਹਰਭਜਨ ਸਿੰਘ ਈਟੀਓ
ਜੰਡਿਆਲਾ ਗੁਰੂ/ਅੰਮ੍ਰਿਤਸਰ, 27 ਫਰਵਰੀ ( ਪੱਤਰਕਾਰ ਬਾਬਾ ਗੁਰਦਿਆਲ ਸਿੰਘ ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਇਲਾਕੇ ਦੇ ਪੱਤਰਕਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅੱਜ ਜੰਡਿਆਲਾ ਗੁਰੂ ਵਿਖੇ 1.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰੈੱਸ ਕਲੱਬ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਪ੍ਰੈੱਸ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਪੰਜਾਬ ਸਰਕਾਰ ਪੱਤਰਕਾਰ ਭਾਈਚਾਰੇ ਦੇ ਹੱਕਾਂ ਦੀ ਰਾਖੀ ਅਤੇ ਸਹੂਲਤਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਪੱਤਰਕਾਰਾਂ ਵੱਲੋਂ ਇਹ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਜੰਡਿਆਲਾ ਗੁਰੂ ਵਿਖੇ ਪ੍ਰੈੱਸ ਕਲੱਬ ਦੀ ਇਮਾਰਤ ਬਣਾਈ ਜਾਵੇ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਉਨ੍ਹਾਂ ਨੇ ਪੱਤਰਕਾਰਾਂ ਦੀ ਇਸ ਮੰਗ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਸੀ ਅਤੇ ਮੁੱਖ ਮੰਤਰੀ ਨੇ ਪ੍ਰੈੱਸ ਕਲੱਬ ਜੰਡਿਆਲਾ ਗੁਰੂ ਦੀ ਇਮਾਰਤ ਲਈ 1.25 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਹਨ।
ਪ੍ਰੈੱਸ ਕਲੱਬ ਜੰਡਿਆਲਾ ਗੁਰੂ ਦੀ ਬਿਲਡਿੰਗ ਦਾ ਨੀਂਹ ਪੱਥਰ ਰੱਖਣ ਮੌਕੇ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਹ ਪ੍ਰੈੱਸ ਕਲੱਬ ਪੱਤਰਕਾਰਾਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰੈੱਸ ਕਲੱਬ ਦੀ ਇਮਾਰਤ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪੱਤਰਕਾਰ ਇੱਥੇ ਆਪਣੀਆਂ ਮੀਟਿੰਗਾਂ, ਪ੍ਰੈੱਸ ਕਾਨਫ਼ਰੰਸਾਂ ਅਤੇ ਵੱਖ-ਵੱਖ ਜਾਣਕਾਰੀ ਸੰਬੰਧੀ ਗਤੀਵਿਧੀਆਂ ਸੁਚਾਰੂ ਢੰਗ ਨਾਲ ਚਲਾ ਸਕਣਗੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪ੍ਰੈਸ ਕਲੱਬ ਦਾ ਨਿਰਮਾਣ ਕੰਮ ਉੱਚ ਗੁਣਵੱਤਾ ਅਤੇ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ, ਤਾਂ ਜੋ ਇਸਦਾ ਲਾਭ ਜਲਦੀ ਤੋਂ ਜਲਦੀ ਪੱਤਰਕਾਰ ਭਾਈਚਾਰੇ ਨੂੰ ਮਿਲ ਸਕੇ।
ਇਸੇ ਦੌਰਾਨ ਜੰਡਿਆਲਾ ਗੁਰੂ ਦੇ ਸਮੂਹ ਪੱਤਰਕਾਰ ਭਾਈਚਾਰੇ ਨੇ ਪ੍ਰੈੱਸ ਕਲੱਬ ਦੀ ਇਮਾਰਤ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਦਾ ਧੰਨਵਾਦ ਕੀਤਾ ਹੈ।
