ਮੋਗਾ ਵਿੱਚ ਭਾਜਪਾ ਰੈਲੀ ਦਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਰੋਧ, ਪਾਰਟੀ ਆਗੂਆਂ ਦੀ ਗ੍ਰਿਫਤਾਰੀ ਦੀਆਂ ਹੋਈਆਂ ਗ੍ਰਿਫ਼ਤਾਰੀਆਂ

ਅੱਜ ਮੋਗਾ ਵਿੱਚ ਹੋਈ ਭਾਜਪਾ ਦੀ ਰੈਲੀ ਦਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਡਟਵਾਂ ਵਿਰੋਧ ਕੀਤਾ ਗਿਆ। ਇਸ ਮੌਕੇ ਪਾਰਟੀ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਬਿਨਾਂ ਕਿਸੇ ਕਾਨੂੰਨੀ ਕਾਰਵਾਈ ਦੇ ਪਾਰਟੀ ਦੇ ਕਈ ਆਗੂਆਂ ਨੂੰ ਗੈਰ ਢੰਗ ਨਾਲ ਗ੍ਰਿਫਤਾਰ ਕਰ ਲਿਆ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਮੁਤਾਬਕ ਪਾਰਟੀ ਦੇ ਕੌਮੀ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ, ਜਥੇਬੰਦਕ ਸਕੱਤਰ ਜਸਬੀਰ ਸਿੰਘ ਬਚੜੇ, ਮੀਤ ਪ੍ਰਧਾਨ ਤਰਨ ਤਾਰਨ ਦਿਲਬਾਗ ਸਿੰਘ ਸ਼ੇਰੋ ਅਤੇ ਚਾਨਣ ਸਿੰਘ ਨੂੰ ਪੁਲਿਸ ਨੇ ਮੋਗਾ ਨੇੜੇ ਪਿੰਡ ਚੂਹੜਚੱਕ ਤੋਂ ਗ੍ਰਿਫਤਾਰ ਕਰ ਲਿਆ।
ਇਸ ਮੌਕੇ ਗੱਲਬਾਤ ਕਰਦਿਆਂ ਕੌਮੀ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਕਾਰਨ ਵਿਦੇਸ਼ਾਂ ਵਿੱਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਨਹੀਂ ਕਰਵਾਈਆਂ ਜਾ ਰਹੀਆਂ, ਜੋ ਸਿੱਖ ਕੌਮ ਦੇ ਹੱਕਾਂ ਦੀ ਉਲੰਘਣਾ ਹੈ।
ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵਰਕਰ ਸ਼ਾਂਤੀਪੂਰਵਕ ਢੰਗ ਨਾਲ ਆਪਣੀ ਗੱਲ ਰੱਖਣ ਲਈ ਭਾਜਪਾ ਦੀ ਰੈਲੀ ਵੱਲ ਜਾ ਰਹੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਪਿੰਡ ਚੂਹੜਚੱਕ ਤੋਂ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਬਿਨਾਂ ਕਿਸੇ ਵਾਰੰਟ ਜਾਂ ਤਹਿਕੀਕਾਤ ਤੋਂ ਉਨ੍ਹਾਂ ਨੂੰ ਲੋਪੋ ਚੋਂਕੀ ਵਿੱਚ ਰੱਖਿਆ ਗਿਆ।
ਪਾਰਟੀ ਆਗੂਆਂ ਨੇ ਇਸ ਕਾਰਵਾਈ ਨੂੰ ਲੋਕਤੰਤਰਿਕ ਹੱਕਾਂ ਦੀ ਉਲੰਘਣਾ ਦੱਸਦਿਆਂ ਕਿਹਾ ਕਿ ਸ਼ਾਂਤੀਪੂਰਵਕ ਵਿਰੋਧ ਕਰਨਾ ਹਰ ਨਾਗਰਿਕ ਦਾ ਅਧਿਕਾਰ ਹੈ ਅਤੇ ਇਸ ਤਰ੍ਹਾਂ ਦੀਆਂ ਗ੍ਰਿਫਤਾਰੀਆਂ ਨਾਲ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ।

Leave a Reply

Your email address will not be published. Required fields are marked *